ਕੁਝ ਕਿਹਾ ਤਾਂ

ਕੁਝ ਕਿਹਾ ਤਾਂ ਹਨੇਰਾ ਜ਼ਰੇਗਾ ਕਿਵੇਂ
ਚੁਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ
ਮੇਰਾ ਜੀਣਾ ਮੇਰੇ ਯਾਰ ਕਿੰਝ ਸਹਿਣਗੇ

ਇਸ ਅਦਾਲਤ ਚ ਬੰਦੇ ਬਿਰਖ ਹੋ ਗਏ
ਫ਼ੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ
ਆਖੋ ਇਨਾਂ ਨੂੰ ਉਜੜੇ ਘਰੀਂ ਜਾਣ ਹੁਣ
ਇਹ ਕਦੋਂ ਤੀਕ ਇਥੇ ਖੜੇ ਰਹਿਣਗੇ

ਯਾਰ ਮੇਰੇ ਜੋ ਇਸ ਆਸ ਤੇ ਮਰ ਗਿਆ
ਕਿ ਮੈਂ ਉਨਾਂ ਦੇ ਦੁਖ ਦਾ ਬਣਾਵਾਂਗਾ ਗੀਤ
ਜੇ ਮੈਂ ਚੁੱਪ ਹੀ ਰਿਹਾ ਜੇ ਮੈਂ ਕੁਛ ਨਾ ਕਿਹਾ
ਬਣ ਕੇ ਰੂਹਾਂ ਸਦਾ ਭਟਕਦੇ ਰਹਿਣਗੇ

ਜੋ ਬਦੇਸ਼ਾਂ ਚ ਰੁਲਦੇ ਨੇ ਰੋਜ਼ੀ ਲਈ
ਓਹ ਜਦੋਂ ਦੇਸ਼ ਪਰਤਣਗੇ ਆਪਣੇ ਕਦੀ
ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ

ਕੀ ਇਹ ਇਨਸ਼ਾਫ਼ ਹਓਮੈ ਦੇ ਪੁੱਤ ਕਰਨਗੇ
ਕੀ ਇਹ ਖਾਮੋਸ਼ ਪੱਥਰ ਦੇ ਬੁੱਤ ਕਰਨਗੇ
ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ
ਰਾਜ ਬਦਲਣੇ ਸੂਰਜ ਚੜਨ ਲਹਿਣਗੇ 

ਇਹ ਰੰਗਾਂ ’ਚ ਨਿਤਰੇ ਨੇ ਖਰ ਜਾਣਗੇ
ਇਹ ਜੋ ਮਰਮਰ ’ਚ ਉਕਰੇ ਨੇ ਮਿਟ ਜਾਣਗੇ
ਬਲਦੇ ਹੱਥਾਂ ਨੇ ਜਿਹੜੇ ਹਵਾ ਵਿਚ ਲਿਖੇ
ਹਰਫ਼ ਓਹੀ ਹਮੇਸ਼ਾਂ ਲਿਖੇ ਰਹਿਣਗੇ

ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ
ਕੋਈ ਦੀਵਾ ਜਗੇਗਾ ਮੇਰੀ ਕਬਰ ਤੇ
ਜੇ ਹਵਾ ਇਹ ਰਹੀ ਕਬਰਾਂ ਉਤੇ ਤਾਂ ਕੀ
ਸਭ ਘਰਾਂ ਚ ਵੀ ਦੀਵੇ ਬੁਝੇ ਰਹਿਣਗੇ

--ਸੁਰਜੀਤ ਪਾਤਰ--